ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਬਲਬੀਰ ਸਿੰਘ ਨੂੰ ਬਰਖਾਸਤ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਬਲਬੀਰ ਸਿੰਘ 10 ਦਿਨਾਂ ਅੰਦਰ ਤਬਾਦਲੇ ਵਾਲੀ ਜਗ੍ਹਾ ‘ਤੇ ਆਪਣੀਆਂ ਸੇਵਾਵਾਂ ਸ਼ੁਰੂ ਨਹੀਂ ਕਰਦਾ ਤਾਂ ਉਸ ਨੂੰ ਡਿਸਮਿਸ ਕੀਤਾ ਜਾਵੇਗਾ। ਮੱਕੜ ਨੇ ਕਿਹਾ ਕਿ ਬਲਬੀਰ ਸਿੰਘ ਦੇ ਪਿੱਛੇ ਸ਼ੈਤਾਨ ਕੰਮ ਕਰ ਰਹੇ ਹਨ।
ਮੱਕੜ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਹੈ ਤੇ ਜੇਕਰ ਕੋਈ ਹੋਰ ਵੀ ਅਜਿਹਾ ਕੰਮ ਕਰੇਗਾ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਕਾਬਲੇਗੌਰ ਹੈ ਕਿ ਸ਼ੁੱਕਰਵਾਰ ਨੂੰ ਸਵੇਰੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਬਲਵੀਰ ਸਿੰਘ ਨੇ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
‘ਏ.ਬੀ.ਪੀ. ਸਾਂਝਾ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਮੱਕੜ ਨੇ ਕਿਹਾ ਕਿ ਮੁੱਖ ਮੰਤਰੀ ਬਾਦਲ ਫਕਰ-ਏ-ਕੌਮ ਤੇ ਪੰਥ ਰਤਨ ਹਨ। ਇਸ ਲਈ ਉਨ੍ਹਾਂ ਨੂੰ ਸਿਰੋਪਾ ਦੇਣਾ ਜ਼ਰੂਰੀ ਹੈ। ਜਦੋਂ ਸਿਰੋਪੇ ਦੇ ਸਿਆਸੀਕਰਨ ਦੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਿਰੋਪੇ ਦਾ ਕੋਈ ਸਿਆਸੀਕਰਨ ਨਹੀਂ ਹੋਇਆ। ਐਸ.ਜੀ.ਪੀ.ਸੀ. ਸਾਰੇ ਪੰਥਕ ਲੀਡਰਾਂ ਨੂੰ ਸਿਰੋਪੇ ਦਿੰਦੀ ਹੈ। ਹਰ ਅਮੀਰ-ਗਰੀਬ ਨੂੰ ਸਿਰੋਪਾ ਦਿੱਤਾ ਜਾਂਦਾ ਹੈ। ਉਧਰ, ਬਲਬੀਰ ਸਿੰਘ ਫਰਾਂਸ ਨੇ ਸ਼੍ਰੋਮਣੀ ਕਮੇਟੀ ਦੇ ਤਬਾਦਲੇ ਵਾਲੇ ਆਦੇਸ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
0 comments:
Post a Comment